ਜੇਲ੍ਹ 'ਚ ਬੰਦ ਅੰਮ੍ਰਿਤਪਾਲ ਕਿਵੇਂ ਚੁੱਕਣਗੇ ਸਹੁੰ? ਪੜ੍ਹੋ ਕੀ ਹੋਵੇਗਾ ਅੱਗੇ?

Comments · 162 Views

ਪੰਜਾਬ 'ਚ ਲੋਕਸਭਾ ਚੋਣਾਂ ਦੇ ਨਤੀਜੇ ਬਹੁਤ ਹੈਰਾਨ ਕਰਨ ਵਾਲੇ ਹਨ।

ਚੰਡੀਗੜ੍ਹ:ਪੰਜਾਬ 'ਚ ਲੋਕਸਭਾ ਚੋਣਾਂ ਦੇ ਨਤੀਜੇ ਬਹੁਤ ਹੈਰਾਨ ਕਰਨ ਵਾਲੇ ਹਨ। ਸਭ ਤੋਂ ਵੱਡੀ ਹੈਰਾਨੀ ਖਡੂਰ ਸਾਹਿਬ ਸੀਟ ਨੂੰ ਲੈ ਕੇ ਹੋਈ ਹੈ। ਇੱਥੋਂ ਸਾਰੀਆਂ ਪਾਰਟੀਆਂ ਨੂੰ ਪਿੱਛੇ ਛੱਡਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਸਨੂੰ ਨੂੰ 404430 ਵੋਟਾਂ ਪਈਆਂ ਸਨ ਤੇ ਉਸਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਜ਼ੀਰਾ ਨੂੰ 197120 ਵੋਟਾਂ ਨਾਲ ਹਰਾਇਆ ਹੈ। ਇੰਨੀ ਵੱਡੀ ਲੀਡ ਨਾਲ ਸੂਬੇ ਦੇ ਕਿਸੇ ਵੱਡੇ ਲੀਡਰ ਦੀ ਜਿੱਤ ਨਹੀਂ ਹੋਈ ਹੈ। ਆਓ ਤੁਹਾਨੂੰ ਦੱਸਦੇ ਹਾਂ ਕੌਣ ਹੈ ਅੰਮ੍ਰਿਤਪਾਲ ਸਿੰਘ।

ਕੌਣ ਹੈ ਅੰਮ੍ਰਿਤਪਾਲ

ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਅਕਤੂਬਰ 2022 ਵਿੱਚ, ਅੰਮ੍ਰਿਤਪਾਲ ਨੇ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪਿੰਡ ਰੋਡੇ ਵਿੱਚ 'ਵਾਰਿਸ ਪੰਜਾਬ ਦੇ' ਸੰਸਥਾ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਗਲੀ ਜੰਗ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਸੀ। 23 ਫਰਵਰੀ 2023 ਨੂੰ ਅੰਮ੍ਰਿਤਪਾਲ ਆਪਣੇ ਸਮਰਥਕਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਥਾਣਾ ਅਜਨਾਲਾ ਵਿਖੇ ਪਹੁੰਚਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ਵਿੱਚ ਆਈ ਭੀੜ ਨੇ ਬੈਰੀਕੇਡ ਤੋੜ ਕੇ ਪੁਲੀਸ ਸਟੇਸ਼ਨ ਤੇ ਤਲਵਾਰਾਂ ਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਐਸਪੀ ਸਮੇਤ ਛੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਬਾਅਦ ਵਿੱਚ ਉਹ ਫਰਾਰ ਹੋ ਗਿਆ।


ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਨੂੰ 23 ਅਪ੍ਰੈਲ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਇੱਥੋਂ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ।

ਅੰਮ੍ਰਿਤਪਾਲ ਕੋਲ ਕਿੰਨੀ ਜਾਇਦਾਦ?

ਅੰਮ੍ਰਿਤਪਾਲ ਵੱਲੋਂ ਚੋਣ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਇਸ ਵਿਚ ਉਸ ਦੀ ਜਾਇਦਾਦ ਸਿਰਫ 1,000 ਰੁਪਏ ਦੱਸੀ ਗਈ ਸੀ। ਇਸ ਤੋਂ ਇਲਾਵਾ ਉਸ ਕੋਲ ਕੋਈ ਵੀ ਚੱਲ ਜਾਂ ਅਚੱਲ ਜਾਇਦਾਦ ਨਹੀਂ ਹੈ। ਜਦੋਂਕਿ ਉਸ ਦੀ ਪਤਨੀ ਕਿਰਨਦੀਪ ਕੌਰ ਕੋਲ 18.37 ਲੱਖ ਰੁਪਏ ਦੀ ਚੱਲ ਜਾਇਦਾਦ ਦਿਖਾਈ ਗਈ ਸੀ। ਅੰਮ੍ਰਿਤਪਾਲ ਨੂੰ ਆਪਣੇ ਮਾਪਿਆਂ 'ਤੇ ਨਿਰਭਰ ਦਿਖਾਇਆ ਗਿਆ ਹੈ।


6 ਜੂਨ ਤੋਂ ਬਾਅਦ ਮਨਾਇਆ ਜਾਵੇਗਾ

ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਸ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਅੰਮ੍ਰਿਤਪਾਲ ਦੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਲੋਕਾਂ ਨੂੰ 6 ਜੂਨ ਤੱਕ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਜਿੱਤ ਉਨ੍ਹਾਂ ਲੋਕਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਆਪਣੀ ਜਾਨ ਗਵਾਈ। ਇਸ ਲਈ ਉਹ 6 ਜੂਨ ਤੋਂ ਬਾਅਦ ਜਸ਼ਨ ਮਨਾਉਣਗੇ।


ਕਿਵੇਂ ਚੁੱਕਣਗੇ ਸਹੁੰ?

ਮੀਡਿਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਸਖਤ ਸੁਰੱਖਿਆ ਹੇਠ ਸੰਸਦ ਲੈ ਕੇ ਜਾਣਾ ਹੋਵੇਗਾ। ਸੰਸਦ ਦੇ ਅਧਿਕਾਰੀਆਂ ਜਾਂ ਹੋਰ ਸੰਸਦ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਰਸਤੇ ਵਿਚ ਮਿਲਣ ਅਤੇ ਸੈਲ ਫ਼ੋਨ ਦੀ ਵਰਤੋਂ ਕਰਨ 'ਤੇ ਪਾਬੰਦੀ ਹੋਵੇਗੀ। ਏਸੀਪੀ ਅਤੇ ਇੰਸਪੈਕਟਰ ਰੈਂਕ ਦੇ ਅਧਿਕਾਰੀ ਉਨ੍ਹਾਂ ਨੂੰ ਐਸਕਾਰਟ ਕਰਨਗੇ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ। ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਪੀ.ਡੀ.ਟੀ.ਅਚਾਰੀਆ ਨੇ ਕਿਹਾ ਕਿ ਸੁਰੱਖਿਆ ਬਲਾਂ ਦੀਆਂ ਟੀਮਾਂ ਸੰਸਦ ਦੇ ਗੇਟ ਤੱਕ ਹੀ ਆ ਸਕਦੀਆਂ ਹਨ। ਗੇਟ 'ਤੇ ਮੁਲਜ਼ਮਾਂ ਅਤੇ ਸੰਸਦ ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੇ ਹਵਾਲੇ ਕਰ ਦਿੱਤਾ ਜਾਵੇਗਾ, ਜੋ ਉਨ੍ਹਾਂ ਨੂੰ ਸਦਨ ਤੱਕ ਲੈ ਕੇ ਜਾਣਗੇ।

Comments